ਨਿਊਯਾਰਕ/ਚੰਡੀਗੜ੍ਹ, 13 ਜਨਵਰੀ (ਰਾਜ ਗੋਗਨਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ੍ਹਾਂ ਦੇ ਦਫਤਰ ਵਿਖੇ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਇਕ ਵਫਦ ਨੇ ਕੰਵਰ ਧੰਜਲ ਦੀ ਪ੍ਰਧਾਨਗੀ ਹੇਠ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਕੈਨੇਡਾ ਵਿਚਕਾਰ ਵਪਾਰਕ ਮਾਹੌਲ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।          ਰਾਣਾ ਕੇ.ਪੀ. ਸਿੰਘ ਨੇ ਵਫਦ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਇਸ ਸਮੇਂ ਵਪਾਰ ਲਈ ਢੁਕਵਾਂ ਮਾਹੌਲ ਹੈ ਅਤੇ ਬਹੁਤ ਸਾਰੀਆਂ ਉਦਯੋਗ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਜਾ ਕੇ ਭਾਰਤੀਆਂ ਖਾਸ ਤੌਰ ‘ਤੇ ਪੰਜਾਬੀਆਂ ਨੇ ਚਰਚਾਯੋਗ ਤਰੱਕੀ ਕੀਤੀ ਹੈ ਅਤੇ ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਵਫਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਆਪਣੀ ਮਾਂ ਭੂਮੀ ਪੰਜਾਬ ਦੇ ਵਿਕਾਸ ਵਿਚ ਵੀ ਪ੍ਰਵਾਸੀ ਪੰਜਾਬੀ ਉਦਯੋਗਪਤੀਆਂ ਨੂੰ ਅਹਿਮ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
 ਇਸ ਮੌਕੇ ਵਫਦ ਮੈਂਬਰਾਂ ਵੱਲੋਂ ਫੂਡ ਸਕਿਓਰਿਟੀ, ਸਿੱਖਿਆ, ਐਗਰੋ ਆਧਾਰਿਤ ਸਨਅਤਾਂ ਅਤੇ ਹੋਰ ਖੇਤਰਾਂ ਵਿਚ ਦੁਵੱਲੇ ਵਪਾਰ ਵਿਚ ਰੁਚੀ ਵਿਖਾਈ ਗਈ। ਸਪੀਕਰ ਨੇ ਕਿਹਾ ਕਿ ਇਸ ਮਕਸਦ ਲਈ ਵੱਖਰੇ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਦੇ ਹਨ।         ਕੈਨੇਡੀਅਨ ਵਫਦ ਨੇ ਸਪੀਕਰ ਨੂੰ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਗੈਰ-ਸਿਆਸੀ ਹੈ ਅਤੇ ਉਨ੍ਹਾਂ ਦਾ ਮਕਸਦ ਸਿਰਫ ਆਰਥਿਕ ਮਸਲਿਆਂ ਨੂੰ ਵਿਚਾਰਨਾ ਹੈ। ਸਪੀਕਰ ਨੇ ਇਸ ਗੱਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਿੱਤੀ ਕਮਜ਼ੋਰੀ ਵਾਲੇ ਖੇਤਰਾਂ ਵਿਚ ਵੱਸਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਨਅਤਕਾਰਾਂ ਨੂੰ ਆਰਥਿਕ ਖੇਤਰਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ ਨਾ ਕਿ ਸਿਆਸਤ ਵਿਚ ਦਖਲਅੰਦਾਜ਼ੀ ਕਰਨੀ ਚਾਹੀਦੀ ਹੈ। ਉਨ੍ਹਾਂ ਵਫਦ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਉਮੀਦ ਜਤਾਈ ਕਿ ਵਫਦ ਆਪਣੇ ਮਕਸਦ ਵਿਚ ਕਾਮਯਾਬ ਹੋਵੇਗਾ।         ਵਫਦ ਦੇ ਇੱਕ ਮੈਂਬਰ ਜਗਦੀਸ਼ ਸਿੰਘ ਗਰੇਵਾਲ ਨੇ ਇਸ ਗੱਲ ਦੀ ਚਿੰਤਾ ਪ੍ਰਗਟਾਈ ਕਿ ਕੈਨੇਡਾ ਤੋਂ ਆਉਣ ਵਾਲੇ ਬਹੁਤੇ ਸਿਆਸੀ ਆਗੂ ਪੰਜਾਬ ਆ ਕੇ ਸਿਰਫ ਤਸਵੀਰਾਂ ਖਿਚਵਾ ਕੇ ਕੈਨੇਡਾ ਪਰਤ ਜਾਂਦੇ ਹਨ ਪਰ ਇੱਥੇ ਵਪਾਰਕ ਮੌਕਿਆਂ ਦੀ ਤਲਾਸ਼ ਲਈ ਬਹੁਤ ਘੱਟ ਹੰਭਲੇ ਮਾਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡੀਅਨ ਵਫਦ ਦੇ ਇਸ ਦੌਰੇ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਅਤੇ ਕੈਨੇਡਾ ਦੇ ਵਪਾਰ ਨੂੰ ਹੋਰ ਹੁਲਾਰਾ ਮਿਲੇਗਾ, ਜਿਸ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸ ਮੌਕੇ ਕੈਨੇਡੀਅਨ ਵਫਦ ਮੈਂਬਰਾਂ ਤੋਂ ਇਲਾਵਾ ਵਿਧਾਇਕ ਸੋਮ ਪ੍ਰਕਾਸ਼ ਅਤੇ ਅੰਗਦ ਸਿੰਘ ਪੰਜਾਬ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here