ਅੰਮ੍ਰਿਤਸਰ, 12 ਜਨਵਰੀ

ਪਟਿਆਲਾ ਜ਼ਿਲ੍ਹੇ ਦੇ ਪਿੰਡ ਟੌਹੜਾ ਦੇ ਸਰਕਾਰੀ ਸਕੂਲ ਵਿੱਚ ਤਿੰਨ ਅਧਿਆਪਕਾਂ ਵੱਲੋਂ ਦਲਿਤ ਵਿਦਿਆਰਥਣ ਖ਼ਿਲਾਫ਼ ਕਥਿਤ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦਾ ਅਕਾਲ ਤਖ਼ਤ ਦੇ ਜਥੇਦਾਰ ਨੇ ਸਖ਼ਤ ਨੋਟਿਸ ਲੈਂਦਿਆਂ ਦੋ ਮੈਂਬਰੀ ਜਾਂਚ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਪਟਿਆਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਆਧਾਰਿਤ ਦੋ ਮੈਂਬਰੀ ਕਮੇਟੀ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ। ਮਾਮਲੇ ਦੀ ਮੁਕੰਮਲ ਘੋਖ ਮਗਰੋਂ ਰਿਪੋਰਟ ਅਕਾਲ ਤਖ਼ਤ ਸਕੱਤਰੇਤ ਵਿੱਚ ਸੌਂਪਣ ਲਈ ਕਿਹਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਕਿਹਾ ਹੈ ਕਿ ਉਹ ਸਬੰਧਤ ਮਹਿਕਮੇ ਦੇ ਦੋਸ਼ੀ ਕਰਮਚਾਰੀਆਂ ਵਿਰੁੱਧ ਤੁਰੰਤ ਵਿਭਾਗੀ ਕਾਰਵਾਈ ਕਰਕੇ ਪੀੜਤ ਵਿਦਿਆਰਥਣ ਨੂੰ ਨਿਆਂ ਦੇਣ। ਜਥੇਦਾਰ ਨੇ ਹਦਾਇਤ ਕੀਤੀ ਹੈ ਕਿ ਇਹ ਵੀ ਯਕੀਨੀ ਬਣਾਇਆ ਜਾਏ ਕਿ ਭਵਿੱਖ ਵਿਚ ਮੁੜ ਅਜਿਹੀ ਘਟਨਾ ਕਿਸੇ ਵਿਦਿਆਰਥੀ ਨਾਲ ਨਾ ਵਾਪਰੇ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰਾ ਸਿੱਖ ਪੰਥ ਦਾ ਅਨਿੱਖੜਾ ਅੰਗ ਹੈ, ਜਿਨ੍ਹਾਂ ਨੇ ਸਿੱਖ ਕੌਮ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ। ਦਸਵੇਂ ਗੁਰੂ ਵੱਲੋਂ ਇਨ੍ਹਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਤਿੰਨ ਸਿੱਖ ਅਧਿਆਪਕਾਵਾਂ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਹੋਣਹਾਰ ਵਿਦਿਆਰਥਣ ਵੀਰਪਾਲ ਕੌਰ ਖਿਲਾਫ ਜਾਤੀ ਸੂਚਕ ਸ਼ਬਦ ਵਰਤੇ ਹਨ ਤੇ ਜਿਸ ਨਾਲ ਇਹ ਵਿਦਿਆਰਥਣ ਅਪਮਾਨਿਤ ਹੋਈ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਦੇ ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਸਬੰਧੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਸਕੂਲ ਦਾ ਦੌਰਾ ਕੀਤਾ ਹੈ। ਉਨ੍ਹਾਂ ਇਸ ਮਾਮਲੇ ਦੀ ਪੜਤਾਲ ਲਈ ਚਾਰ ਮੈਂਬਰੀ ਕਮੇਟੀ ਵੀ ਬਣਾਈ ਹੈ।

NO COMMENTS

LEAVE A REPLY